ਚੰਡੀਗੜ੍ਹ : ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana HighCourt) ‘ਚ ਅਰਜ਼ੀ ਦਾਇਰ ਕਰ ਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਖਿਲਾਫ਼ ਡੇਰੇ ‘ਚ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਦੀ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਸੀਬੀਆੀ ਦੀ ਅਰਜ਼ੀ ‘ਤੇ ਡੇਰਾ ਮੁਖੀ ਰਾਮ ਰਹੀਮ ਤੇ ਹੋਰਨਾਂ ਨੂੰ ਇਕ ਸਤੰਬਰ ਤਕ ਨੋਟਿਸ ਜਾਰੀ ਕਰ ਕੇ ਜਵਾਬ ਦੇਣ ਦਾ ਹੁਕਮ ਦਿੱਤਾ ਹੈ।
ਸੀਬੀਆਈ ਨੇ ਹਾਈ ਕੋਰਟ ‘ਚ ਅਰਜ਼ੀ ਦਾਇਰ ਕਰ ਕੇ ਦੱਸਿਆ ਹੈ ਕਿ ਸੀਬੀਆਈ ਨੇ ਪਹਿਲੇ ਸਾਲ 2019 ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਦੋਂ ਸੀਬੀਆਈ ਨੇ ਪੰਚਕੂਲਾ ਸੀਬੀਆਈ ਕੋਰਟ ਦੇ ਉਸ ਹੁਕਮ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ ਜਿਸ ਤਹਿਤ ਪੰਚਕੂਲਾ ਦੀ ਸੀਬੀਆਈ ਕੋਰਟ ਨੇ ਇਸ ਕੇਸ ਦੀ ਕੇਸ ਡਾਇਰੀ ਡੇਰਾ ਮੁਖੀ ਸਮੇਤ ਇਸ ਮਾਮਲੇ ‘ਚ ਹੋਰਨਾਂ ਮੁਲਜ਼ਮਾਂ ਨੂੰ ਦਿੱਤੇ ਜਾਣ ਦੇ ਸੀਬੀਆਈ ਨੂੰ ਹੁਕਮ ਦਿੱਤੇ ਸਨ। ਉਦੋਂ ਹਾਈ ਕੋਰਟ ਨੇ ਸੀਬੀਆਈ ਦੀ ਇਸ ਪਟੀਸ਼ਨ ‘ਤੇ ਡੇਰਾ ਮੁਖੀ ਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ ਤੇ ਸੀਬੀਆਈ ਕੋਰਟ ਨੂੰ ਹੁਕਮ ਦਿੱਤੇ ਸਨ ਕਿ ਉਹ ਹਾਈ ਕੋਰਟ ‘ਚ ਇਸ ਪਟੀਸ਼ਨ ‘ਤੇ ਅਗਲੀ ਸੁਣਵਾਈ ਤੋਂ ਪਹਿਲਾਂ ਇਸ ਕੇਸ ਦੀ ਸੁਣਵਾਈ ਨਾ ਕਰੇ।