ਨਵੀਂ ਦਿੱਲੀ: ਪਿਛਲੇ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦਾ ਰਿਕਾਰਡ ਨਾ ਹੋਣ ਸਬੰਧੀ ਕੇਂਦਰ ਦੇ ਬਿਆਨ ਤੋਂ ਬਾਅਦ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ ਅਤੇ ਕਿਹਾ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, ‘ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੰਸਦ ’ਚ ਕਿਹਾ ਕਿ ਨਾ ਤਾਂ ਉਸ ਨੇ ਕਾਲੇ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਦੇ ਵਿਚਾਰ ਜਾਣਨ ਦੀ ਕੋਸ਼ਿਸ਼ ਕੀਤੀ ਤੇ ਨਾ ਹੀ ਉਨ੍ਹਾਂ ਕੋਲ ਸ਼ਹੀਦ ਕਿਸਾਨਾਂ ਦਾ ਕੋਈ ਅੰਕੜਾ ਹੈ। ਆਪਣੇ ਖਰਬਪਤੀ ਮਿੱਤਰਾਂ ਦਾ ਚਸ਼ਮਾ ਲਾ ਕੇ ਅੱਖਾਂ ਦਾ ਪਾਣੀ ਮਾਰ ਚੁੱਕੀ ਇਹ ਸਰਕਾਰ ਸਿਰਫ਼ ਕਿਸਾਨਾਂ ਦੀ ਬੇਇੱਜ਼ਤੀ ਕਰਦੀ ਜਾ ਰਹੀ ਹੈ।’ ਪ੍ਰਿਯੰਕਾ ਨੇ ‘ਕਾਲੇ ਖੇਤੀ ਕਾਨੂੰਨ ਵਾਪਸ ਲਓ’ ਦਾ ਹੈਸ਼ਟੈਗ ਵਰਤਦਿਆਂ ਇਹ ਟਿੱਪਣੀ ਕੀਤੀ।
ਕਿਸਾਨਾਂ ਦੀ ਬੇਇੱਜ਼ਤੀ ਕਰ ਰਹੀ ਹੈ ਸਰਕਾਰ: ਪ੍ਰਿਯੰਕਾ
