ਚੰਡੀਗ਼ੜ੍ਹ, 24 ਜੁਲਾਈ (ਪੋਸਟ ਬਿਊਰੋ)- ਪੰਜਾਬ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਦੀ ਟਰਾਇਲ ਕੋਰਟ ਨੇ ਸੱਤ ਜੁਲਾਈ ਨੂੰ ਉਨ੍ਹਾਂ ਦੇ ਖ਼ਿਲਾਫ਼ ਬਲਾਤਕਾਰਕੇਸ ਵਿੱਚਸਿ਼ਕਾਇਤ ਦਰਜ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਹੁਕਮਾਂ ਨੂੰ ਰੱਦ ਕਰਵਾਉਣ ਲਈ ਬੈਂਸ ਦੀ ਪਟੀਸ਼ਨ ਹਾਈ ਕੋਰਟ ਨੇ ਵੀ ਰੱਦ ਕਰ ਦਿੱਤੀ ਹੈ।
ਜਸਟਿਸ ਮੰਜਰੀ ਨਹਿਰੂ ਕੌਲ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਮਿਲੀ ਸ਼ਿਕਾਇਤ ਇੱਕ ਗੰਭੀਰ ਅਪਰਾਧ ਹੈ। ਇਸ ਸ਼ਿਕਾਇਤ ਉੱਤੇ ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ (ਸੀ ਜੇ ਐਮ) ਨੇ ਬੀਤੀ ਸੱਤ ਜੁਲਾਈ ਨੂੰ ਬੈਂਸ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੇ ਜੋ ਹੁਕਮ ਦਿੱਤੇ ਸਨ, ਉਨ੍ਹਾਂ ਵਿੱਚ ਕੋਈ ਕਮੀ ਨਹੀਂ ਹੈ। ਐਡੀਸ਼ਨਲ ਸੀ ਜੇ ਐਮ ਦੇ ਇਨ੍ਹਾਂ ਹੁਕਮਾਂ ਨੂੰ ਰੱਦ ਕਰਨ ਅਤੇ ਕੇਸ ਦੀ ਅਗਲੀ ਕਾਰਵਾਈ ਉੱਤੇ ਰੋਕ ਲਾਉਣ ਦੀ ਬੈਂਸ ਦੀ ਮੰਗ ਨਹੀਂ ਮੰਨੀ ਜਾ ਸਕਦੀ। ਇਸ ਆਧਾਰ ਉੱਤੇ ਹਾਈ ਕੋਰਟ ਨੇ ਬੈਂਸ ਦੀ ਅਪੀਲ ਰੱਦ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਉੱਤੇ ਇੱਕ ਔਰਤ ਨੇ ਪਿਛਲੇ ਸਾਲ ਬਲਾਤਕਾਰ ਦਾ ਦੋਸ਼ ਲਾਇਆ ਸੀ, ਜਿਸ ਉੱਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਸੱਤ ਜੁਲਾਈ ਨੂੰ ਬੈਂਸ ਦੇ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲਸ ਨੂੰ ਹੁਕਮ ਦਿੱਤੇ ਅਤੇ 15 ਜੁਲਾਈ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਨੂੰ ਕਿਹਾ ਸੀ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ
