ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ (Pargat Singh) ਨੂੰ ਪੰਜਾਬ ਪ੍ਰਦੇਸ਼ ਕਾਂਗਰਸ (PPCC) ਦਾ ਜਨਰਲ ਸਕੱਤਰ ਨਿਯੁਕਤ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਇਕ ਟਵੀਟ ਰਾਹੀਂ ਦਿੱਤੀ ਹੈ। ਸਿੱਧੂ ਮੁਤਾਬਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi), AICC ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦੇ ਲਈ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਰਗਟ ਸਿੰਘ ਨਵਜੋਤ ਸਿੰਘ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ। ਹਾਲਾਂਕਿ ਉਨ੍ਹਾਂ ਵਿਚੋਂ ਇਕ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਆਫਰ ਠੁਕਰਾ ਦਿੱਤਾ ਸੀ ਤੇ ਉਨ੍ਹਾਂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਸੀ। ਪਰਗਟ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕਰ ਕੇ ਸਿੱਧੂ ਨੇ ਪੰਜਾਬ ਕਾਂਗਰਸ ‘ਚ ਵੱਡਾ ਸੰਕੇਤ ਦਿੱਤਾ ਹੈ ਤੇ ਸਾਫ਼ ਕਰ ਦਿੱਤਾ ਹੈ ਕਿ ਸੰਗਠਨ ‘ਚ ਹੁਣ ਉਨ੍ਹਾਂ ਦੀ ਹੀ ਚੱਲੇਗੀ।
ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਸਵੇਰੇ ਟਵੀਟ ਕਰ ਕੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਇਸ ਸਬੰਧੀ ਜਾਰੀ ਪੱਤਰ ਉਨ੍ਹਾਂ ਟਵੀਟ ਕੀਤਾ। ਪੱਤਰ ਵਿਚ ਕਿਹਾ ਗਿਆ ਹੈ, ‘ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂ ਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਮਨਜ਼ੂਰੀ ਤੋਂ ਬਾਅਦ ਮੈਂ ਪਰਗਟ ਸਿੰਘ ਨੂੰ ਤੁੰਰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ।’