ਨਵੀਂ ਦਿੱਲੀ: ਭਾਜਪਾ ਦੀ ਸਿਖਰਲੀ ਲੀਡਰਸ਼ਿਪ ਨੇ ਅੱਜ ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਗੋਆ ’ਚ ਸਰਕਾਰ ਬਣਾਉਣ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ’ਤੇ ਵਿਚਾਰ ਵਟਾਂਦਰਾ ਕੀਤਾ। ਸੂਤਰਾਂ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਏਜੰਡਾ ਤਿੰਨੋਂ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਮੰਤਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣਾ ਸੀ। ਮੀਟਿੰਗ ’ਚ ਭਾਜਪਾ ਮੁਖੀ ਜੇ ਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਪਾਰਟੀ ਜਨਰਲ ਸਕੱਤਰ (ਜਥੇਬੰਦੀ) ਬੀ ਐੱਲ ਸੰਤੋਸ਼ ਅਤੇ ਹੋਰ ਆਗੂ ਹਾਜ਼ਰ ਸਨ। ਭਾਜਪਾ ਨੇ ਯੋਗੀ ਆਦਿੱਤਿਆਨਾਥ ਨੂੰ ਯੂਪੀ ’ਚ ਮੁੱਖ ਮੰਤਰੀ ਬਣਾਈ ਰੱਖਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਨ੍ਹਾਂ ਵੱਲੋਂ 25 ਮਾਰਚ ਨੂੰ ਸਹੁੰ ਚੁੱਕੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਯੋਗ ਨੂੰ ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਸੀ। ਭਾਜਪਾ ਨੇ ਯੂਪੀ ’ਚ ਲਗਾਤਾਰ ਦੂਜੀ ਵਾਰ ਸਰਕਾਰ ਬਣਾਈ ਹੈ। ਪਾਰਟੀ ਨੂੰ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਦੇ ਉਮੀਦਵਾਰਾਂ ਤੋਂ ਸਖ਼ਤ ਟੱਕਰ ਮਿਲੀ ਸੀ ਪਰ ਵੋਟਰਾਂ ਨੇ ਭਾਜਪਾ ਦੀ ਡਬਲ ਇੰਜਣ ਸਰਕਾਰ ਨੂੰ ਤਰਜੀਹ ਦਿੱਤੀ। ਸੂਤਰਾਂ ਨੇ ਕਿਹਾ ਕਿ ਗੋਆ ’ਚ ਪ੍ਰਮੋਦ ਸਾਵੰਤ ਨੂੰ ਮੁੜ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।
ਮੋਦੀ ਨੇ ਯੂਪੀ, ਉੱਤਰਾਖੰਡ ਅਤੇ ਗੋਆ ’ਚ ਸਰਕਾਰ ਬਣਾਉਣ ਬਾਰੇ ਕੀਤੀ ਚਰਚਾ
