ਜੇਐੱਨਐੱਨ,ਨਵੀਂ ਦਿੱਲੀ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਦਿੱਲੀ ਦੇ ਸਿੱਖ ਆਗੂਆਂ ਨੇ ਬਾਦਲ ਪਰਿਵਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪਾਰਟੀ ਨੂੰ ਉਨ੍ਹਾਂ ਤੋਂ ਮੁਕਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਅਤੇ ਜਗ ਆਸਰਾ ਗੁਰੂ ਓਟ (ਜਾਗੋ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਿੱਖ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਉਣ ਲਈ ਫੈਡਰੇਸ਼ਨ ਬਣਾਉਣ ਦਾ ਐਲਾਨ ਕੀਤਾ ਸੀ।
ਇਸੇ ਕੜੀ ਵਿੱਚ ਹੁਣ ਸਾਬਕਾ DSGMC ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਿੱਖ ਆਗੂਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਉਨ੍ਹਾਂ ਲੁਧਿਆਣਾ ਵਿਖੇ ਸਿੱਖ ਆਗੂਆਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਨਾਲ-ਨਾਲ ਦਿੱਲੀ ਵਿੱਚ ਵੀ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਵਿੱਚ ਸਰਨਾ ਨੇ ਕਿਹਾ ਕਿ 1920 ਵਿੱਚ ਸਥਾਪਿਤ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨਾ ਹੋਵੇਗਾ। ਇਸ ਲਈ ਬਾਦਲ ਪਰਿਵਾਰ ਨੂੰ ਖੁਦ ਪਾਰਟੀ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕਿਸੇ ਵੀ ਪਹਿਲਕਦਮੀ ਦਾ ਸਵਾਗਤ ਕਰਨਗੇ।