ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਚੰਡੀਗੜ੍ਹ: ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।
‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ।

Sunil Verma

Learn More →

Leave a Reply

Your email address will not be published. Required fields are marked *

YouTube
Instagram
WhatsApp
Snapchat