ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਵਿਧਾਨ ਸਭਾ ਦੇ ਨੂੰ ਵੇਖਦਿਆਂ ਕਿਸਾਨਾਂ ਨੂੰ ਮੂਰਖ ਬਣਾਉਣ ਵਾਸਤੇ ਕੋਰੇ ਝੂਠ ਨਾ ਬੋਲਣ ਅਤੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਨੇ ਸਿਰਫ ਮੂੰਗੀ ਤੇ ਮੱਕੀ ਦੀ ਫਸਲ ’ਤੇ ਐਮਐਸ ਪੀ ਦੇਣ ਦੀ ਗੱਲ ਕੀਤੀ ਸੀ ਪਰ ਦੋਵਾਂ ’ਤੇ ਦੇਣ ਵਿਚ ਨਾਕਾਮ ਸਾਬਤ ਹੋਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿਚ ਆਪ ਸਰਕਾਰ ਪੰਜ ਫਸਲਾਂ ’ਤੇ ਐਮ ਐਸ ਪੀ ਦੇ ਰਹੀ ਹੈ ਤੇ ਇਹੀ ਫਾਰਮੂਲਾ ਗੁਜਰਾਤ ਵਿਚ ਲਾਗੂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੂੰਗੀ ਦੀ ਫਸਲ ਬੀਜਣ ਜਿਸਦੀ ਐਮ ਐਸ ਪੀ ਅਨੁਸਾਰ 7250 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦ ਕੀਤੀ ਜਾਵੇਗੀ ਪਰ ਇਸ ਵਿਚੋਂ 10 ਫੀਸਦੀ ਫਸਲ ਵੀ ਐਮ ਐਸ ਪੀ ਅਨੁਸਾਰ ਖਰੀਦੀ ਨਹੀਂ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ।