ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਵੱਲੋਂ 7 ਸਾਲ ਪਹਿਲਾਂ ਸ਼ੁਰੂ ਕੀਤੀ ਬਦਨਾਮੀ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੁਣ ਉਹ ਝੂਠ ਤੇ ਝੂਠੇ ਵਾਅਦਿਆਂ ਨਾਲ ਗੁਜਰਾਤ ਦੇ ਵੋਟਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸ਼ਾਇਦ ਇਹ ਸੋਚਦੇ ਹਨ ਕਿ ਉਹ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਸਕਦੇ ਹਨ ਪਰ ਅਸੀਂ ਉਹਨਾਂ ਵੱਲੋਂ ਦਿੱਤੇ ਬਿਆਨਾਂ ਲਈ ਉਹਨਾਂ ਦੀ ਜਵਾਬਦੇਹੀ ਤੈਅ ਕਰਾਂਗੇ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਆਪਣੇ ਦਾਅਵਿਆਂ ਦੇ ਹੱਕ ਵਿਚ ਸਬੂਤ ਜਨਤਕ ਤੌਰ ’ਤੇ ਪੇਸ਼ ਕਰਨੇ ਪੈਣਗੇ ਨਹੀਂ ਤਾਂ ਆਪਣੇ ਬਿਆਨਾਂ ਲਈ ਮਾਫ਼ੀ ਮੰਗਣੀ ਪਵੇਗੀ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਜਾਂ ਆਪਣੇ ਬਿਆਨ ਲਈ ਮਾਫ਼ੀ ਨਹੀਂ ਮੰਗਦੇ ਤਾਂ ਫਿਰ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।