ਹਰਿਆਣਾ ਦੇ ਨੂਹ ‘ਚ ਹਿੰਸਾ ਤੋਂ ਬਾਅਦ ਪੁਲਿਸ ਅਤੇ ਸਰਕਾਰ ਦੀ ਕਾਰਵਾਈ ਜਾਰੀ ਹੈ। ਲਗਾਤਾਰ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਹਿੰਸਾ ਪ੍ਰਭਾਵਿਤ ਇਲਾਕਿਆਂ ‘ਚ ਪੁਲਿਸ ਬਲ ਤਾਇਨਾਤ ਹਨ। ਕਈ ਸ਼ਹਿਰਾਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਜਾਣਕਾਰੀ ਅਨੁਸਾਰ ਪੁਲਿਸ ਨੇ ਨੂਹ ਹਿੰਸਾ ਮਾਮਲੇ ‘ਚ ਹੁਣ ਤੱਕ ਕੁੱਲ 45 ਐਫਆਈਆਰ ਦਰਜ ਕੀਤੀਆਂ ਹਨ, ਇਸ ਦੇ ਨਾਲ ਹੀ 139 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੂਜੇ ਪਾਸੇ ਸੂਤਰਾਂ ਮੁਤਾਬਕ ਅਜੇ ਤੱਕ ਵੀਐਚਪੀ ਅਤੇ ਬਜਰੰਗ ਦਲ ਦਾ ਨਾਂ ਐਫਆਈਆਰ ਵਿੱਚ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਪਾਈਆਂ ਗਈਆਂ ਵੀਡੀਉਜ਼ ਨਾਲ ਸਬੰਧਤ 3 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਹੁਣ ਤੱਕ ਕੁੱਲ 10 ਯੂਆਰਐਲ ਦੀ ਪਛਾਣ ਕੀਤੀ ਜਾ ਚੁੱਕੀ ਹੈ। ਸੋਸ਼ਲ ਮੀਡੀਆ ‘ਤੇ ਪੁਲਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
ਹਿੰਸਾ ਤੋਂ ਬਾਅਦ ਹੁਣ ਇਲਾਕੇ ਦੇ ਅਪਰਾਧੀਆਂ ਦੀ ਸੂਚੀ ਦੀ ਜਾਂਚ ਕੀਤੀ ਜਾ ਰਹੀ ਹੈ। ਬੀਤੀ ਰਾਤ 4 ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ। ਕੁੱਲ 10 ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਹਰ ਸਪੈਸ਼ਲ ਟਾਸਕ ਫੋਰਸ ਘੱਟੋ-ਘੱਟ 5 ਐਫਆਈਆਰ ਦੀ ਜਾਂਚ ਕਰੇਗੀ। ਇਸ ਦੇ ਨਾਲ ਹੀ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ‘ਚ ਵੀ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਾਂਤੀ ਬਣਾਈ ਰੱਖਣ ਲਈ ਪੈਰਾਮਿਲਟਰੀ ਦੀਆਂ 20 ਕੰਪਨੀਆਂ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।
ਨੂਹ ਹਿੰਸਾ ਵਿਚ ਹੁਣ ਤੱਕ 45 ਐਫਆਈਆਰ ਦਰਜ, 139 ਲੋਕ ਕੀਤੇ ਗ੍ਰਿਫਤਾਰ
