ਮਨੀਪੁਰ ਦੇ ਤੇਂਗਨੂਪਾਲ ਜ਼ਿਲ੍ਹੇ ਦੇ ਪੱਲੇਲ ਵਿੱਚ ਅੱਜ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 50 ਜ਼ਖ਼ਮੀ ਹੋ ਗਏ। ਜ਼ਖਮੀਆਂ ‘ਚ ਚਾਰ ਨਾਗਰਿਕਾਂ ਨੂੰ ਗੋਲੀ ਲੱਗੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੱਲੇਲ ‘ਚ ਸਵੇਰੇ 6 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਦੇ ਦੋ ਸਮੂਹਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਉਸ ਨੂੰ ਕਾਕਚਿੰਗ ਜੀਵਨ ਹਸਪਤਾਲ ‘ਚ ਮ੍ਰਿਤਕ ਲਿਆਂਦਾ ਗਿਆ ਜਦਕਿ ਗੋਲੀ ਲੱਗਣ ਨਾਲ ਜ਼ਖਮੀ ਹੋਏ ਲੋਕਾਂ ਨੂੰ ਇੰਫਾਲ ਰੈਫਰ ਕਰ ਦਿੱਤਾ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਇੰਫਾਲ ਦੇ ਰੀਜਨਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਰਿਮਸ) ਵਿੱਚ ਦਾਖ਼ਲ ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੀ ਖ਼ਬਰ ਫੈਲਦਿਆਂ ਹੀ ਥੌਬਲ ਅਤੇ ਕਾਕਚਿੰਗ ਜ਼ਿਲ੍ਹਿਆਂ ਦੇ ਵੱਖ-ਵੱਖ ਪਾਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪੱਲੇਲ ਵੱਲ ਨੂੰ ਹੋ ਤੁਰੇ ਪਰ ਅਸਾਮ ਰਾਈਫਲਜ਼ ਦੇ ਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਕਾਰਨ ਤਣਾਅ ਪੈਦਾ ਹੋ ਗਿਆ। ਅਣਪਛਾਤੇ ਹਥਿਆਰਬੰਦ ਵਿਅਕਤੀਆਂ ਦੇ ਦੋ ਸਮੂਹਾਂ ਦਰਮਿਆਨ ਹੋਈ ਗੋਲੀਬਾਰੀ ਵਿੱਚ 48 ਸਾਲਾ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਰਾਈਫਲਜ਼ ਵੱਲੋਂ ਸਥਿਤੀ ਨੂੰ ਸ਼ਾਂਤ ਕਰਨ ਲਈ ਹੰਝੂ ਗੈਸ ਦੇ ਗੋਲੇ ਛੱਡੇ ਜਾਣ ਕਾਰਨ 45 ਤੋਂ ਵੱਧ ਔਰਤਾਂ ਵੀ ਜ਼ਖਮੀ ਹੋ ਗਈਆਂ।
ਮਨੀਪੁਰ ’ਚ ਤਾਜ਼ਾ ਹਿੰਸਾ ਕਾਰਨ 2 ਮੌਤਾਂ ਤੇ 50 ਦੇ ਕਰੀਬ ਜ਼ਖ਼ਮੀ
